ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ ‘ਚ ਸ਼ਾਮਲ ਹੋਣ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਪ੍ਰਦਰਸ਼ਨ ‘ਚ ਸ਼ਾਮਲ ਨਾ ਹੋਣ, ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਟਰੇਨਾਂ, ਬੱਸਾਂ ਤੇ ਆਪਣੇ
ਸਾਧਨਾਂ ‘ਤੇ ਦਿੱਲੀ ਵੱਲ ਜਾਣਗੇ। ਇਸ ਮਹਾਂਪੰਚਾਇਤ ‘ਚ ਸ਼ਾਮਲ ਹੋਣ ਲਈ 50,000 ਤੋਂ ਵੱਧ ਕਿਸਾਨ ਪੰਜਾਬ ਦੇ, ਜਦਕਿ ਇੰਨੇ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਹੋਵੇਗਾ ਤੇ ਦਿੱਲੀ ਪ੍ਰਸ਼ਾਸਨ ਦੀ ਇਜਾਜ਼ਤ ਲੈ ਕੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਦਿੱਲੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ 11 ਮਾਰਚ ਨੂੰ ਦੁਬਾਰਾ ਮੀਟਿੰਗ ਕੀਤੀ
ਜਾਵੇਗੀ ਤਾਂ ਜੋ ਅਗਲੀ ਕਾਰਵਾਈ ਬਾਰੇ ਰਣਨੀਤੀ ਬਣਾਈ ਜਾਵੇ।