ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਇਹ ਕਥਾ ਜਰੂਰ ਸੁਣੋ ਜੀ ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ । (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ,
ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ । ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ।ਰਹਾਉ। (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ)
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ । (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ।੨। ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ । (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ । ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪। ਵਾਹਿਗੁਰੂ ਜੀ।।
ਕਿਸੇ ਪ੍ਰਕਾਰ ਦੀ ਕੋਈ ਗਲਤੀ ਭੁੱਲ ਹੋ ਗਈ ਹੋਵੇ ਤਾਂ ਵਾਹਿਗੁਰੂ ਜੀ ਸੰਗਤ ਜੀ ਤੁਸੀਂ ਮਾਫ ਕਰ ਦੇਣਾ